
ਮਿਆਰੀ ‘ਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨ ਲਈ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਕੀਤੀ ਸ਼ਲਾਘਾ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਕਲਾ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਪਣੀ ਜ਼ਿੰਦਗੀ ‘ਚ ਕਿਸੇ ਨਾ ਕਿਸੇ ਕਲਾ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ, ਕਿਉਂਕਿ ਕਲਾ ਸਾਡੀ ਸ਼ਖ਼ਸੀਅਤ ਦੇ ਰੌਸ਼ਨ ਪਹਿਲੂਆਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਥੇ ਉਨ੍ਹਾਂ ਨੂੰ ਆਪਣੇ ਅੰਦਰਲੀ ਪ੍ਰਤਿਭਾ ਨੂੰ ਨਿਖਾਰਣ ਦਾ ਮੌਕਾ ਮਿਲਦਾ ਹੈ।
ਉਹ ਅੱਜ ਇੱਥੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਪਿੰਡ ਖਿਆਲਾ ਵਿਖੇ ਕਰਵਾਏ ਜਾ ਰਹੇ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰ ਰਹੇ ਸਨ।
ਡਿਪਟੀ ਸਪੀਕਰ ਨੇ ਆਪਣੇ ਸੰਬੋਧਨ ਦੌਰਾਨ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ ਜਦੋਂ ਉਹ ਯੁਵਕ ਮੇਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਸਨ, ਜਿਸ ਸਦਕਾ ਉਨ੍ਹਾਂ ਨੂੰ ਆਪਣੇ ਜਨੂੰਨ ਬਾਰੇ ਹੋਰ ਜਾਣਨ ਵਿੱਚ ਮਦਦ ਮਿਲੀ। ਉਨ੍ਹਾਂ ਕਿਹਾ ਕਿ ਖੇਡਾਂ, ਸ਼ਿਲਪਕਾਰੀ, ਲਿਖਣਾ, ਪੜ੍ਹਨਾ ਜਾਂ ਹੋਰ ਕੋਈ ਵੀ ਕਲਾ ਵਿਅਕਤੀ ਦੀ ਸ਼ਖਸੀਅਤ ਦੇ ਰੌਸ਼ਨ ਪਹਿਲੂਆਂ ਨੂੰ
ਉਜਾਗਰ ਕਰਨ ਨਾਲ-ਨਾਲ ਉਸ ਦੀ ਸ਼ਖਸੀਅਤ ਨੂੰ ਨਿਖਾਰਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।
ਰੌੜੀ ਨੇ ਆਪਣੇ ਸੰਬੋਧਨ ਦੌਰਾਨ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਥਾਨਕ ਪੱਧਰ ‘ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕਰੀਅਰ ਦੇ ਮੌਕੇ ਤਲਾਸ਼ਣ ਦੀ ਲੋੜ ਨਾ ਪਵੇ।
ਇਸੇ ਤਰ੍ਹਾਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਡੇ ਨੌਜਵਾਨਾਂ ਨੂੰ ਭਵਿੱਖ ਦੇ ਉੱਦਮੀ ਬਣਾਉਣ ਲਈ ਹੁਨਰ-ਆਧਾਰਿਤ ਕੋਰਸਾਂ ਦੀ ਲੋੜ ‘ਤੇ ਜ਼ੋਰ ਦਿੱਤਾ, ਜਿਸ ਸਦਕਾ ਉਹ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਨਗੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਇੱਕ ਵਾਰ ਫਿਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀ ਨੇ ਨੌਜਵਾਨ ਵਿਦਿਆਰਥੀਆਂ ਨੂੰ ਸਾਡੇ ਮਾਣਮੱਤੇ ਇਤਿਹਾਸ ਦੇ ਰਾਖੇ ਦੱਸਦਿਆਂ ਉਨ੍ਹਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ।
ਉਨ੍ਹਾਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਖਾਸ ਕਰਕੇ ਕਮਜ਼ੋਰ ਵਰਗਾਂ ਨੂੰ ਮਿਆਰੀ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਚਾਂਸਲਰ ਸੰਤ ਬਾਬਾ ਸਰਵਣ ਸਿੰਘ, ਵਾਈਸ ਚਾਂਸਲਰ ਧਰਮਜੀਤ ਸਿੰਘ, ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਦੋਵਾਂ ਮਹਿਮਾਨਾਂ ਦਾ ਯੂਨੀਵਰਸਿਟੀ ਕੈਂਪਸ ਵਿਖੇ ਪੁੱਜਣ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਤ ਮਨਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਪ੍ਰਬੰਧਕ ਕਮੇਟੀ ਦੇ ਸਕੱਤਰ ਹਰਦਮਨ ਸਿੰਘ, ਪ੍ਰਿਤਪਾਲ ਸਿੰਘ, ਜੋਗਿੰਦਰ ਸਿੰਘ ਆਦਿ ਮੌਜੂਦ ਸਨ।



