
ਵਿਧਾਇਕ ‘ਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਹਰਿਆਲੀ ਦੇ ਰਾਖੇ ਬਣਨ ਦਾ ਸੱਦਾ
ਜ਼ਿਲ੍ਹੇ ’ਚ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ ’ਤੇ ਦਿੱਤਾ ਜ਼ੋਰ
ਆਮ ਲੋਕਾਂ ‘ਤੇ ਗੈਰ ਸਰਕਾਰੀ ਸੰਗਠਨਾਂ ਨੂੰ ਜ਼ਿਲ੍ਹੇ ’ਚ ਹਰਿਆਲੀ ’ਚ ਵਾਧਾ ਕਰਨ ਲਈ ਬੂਟੇ ਲਾਉਣ ਦੀ ਕੀਤੀ ਅਪੀਲ
ਜਲੰਧਰ ਗਲੋਬਲ ਆਜਤੱਕ (ਲਵਲਾ)
ਵਿਧਾਇਕ ਰਮਨ ਅਰੋੜਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਲੋਕਾਂ ਨੂੰ ਜ਼ਿਲ੍ਹੇ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰਿਆਲੀ ਦੇ ਰਾਖੇ ਬਣਨ ਦਾ ਦਿੱਤਾ ਸੱਦਾ।
ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ’ਤੇ ਜ਼ੋਰ ਦਿੰਦਿਆਂ ਵਿਧਾਇਕ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣਾ ਤੇ ਚੌਗਰਿਦੇ ਦੀ ਰਾਖੀ ਲਈ ਯਤਨ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਫ਼-ਸੁਥਰਾ ਵਾਤਾਵਰਣ ਬੇਹੱਦ ਜ਼ਰੂਰੀ ਹੈ, ਜੋ ਕਿ ਵੱਧ ਤੋਂ ਵੱਧ ਰੁੱਖ ਲਾਉਣ ਨਾਲ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਹੀ ਆਕਸੀਜਨ ਦਾ ਇੱਕੋ ਇੱਕ ਸਰੋਤ ਹਨ, ਜੋ ਕਿ ਧਰਤੀ ’ਤੇ ਮਨੁੱਖੀ ਜੀਵਨ ਦਾ ਆਧਾਰ ਹਨ ਅਤੇ ਆਲਮੀ ਤਪਿਸ਼ ‘ਤੇ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਲੋਕਾਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਵਰਗੇ ਖਾਸ ਮੌਕਿਆਂ ਨੂੰ ਬੂਟੇ ਲਾ ਕੇ ਮਨਾਉਣਾ ਚਾਹੀਦਾ ਹੈ, ਤਾਂ ਜੋ ਇਨ੍ਹਾਂ ਮੌਕਿਆਂ ਨੂੰ ਹੋਰ ਯਾਦਗਾਰੀ ਬਣਾਇਆ ਜਾ ਸਕੇ ਅਤੇ ਵਾਤਾਵਰਣ ਨੂੰ ਬਚਾਉਣ ਵਿੱਚ ਵੀ ਯੋਦਗਾਨ ਪਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨੇਕ ਕਾਰਜ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ, ਪਲਾਸਟਿਕ ਦੀ ਬਜਾਏ ਰੋਜ਼ਾਨਾ ਦੇ ਜੀਵਨ ਵਿੱਚ ਵਾਤਾਵਰਣ ਪੱਖੀ ਵਸਤੂਆਂ ਨੂੰ ਸ਼ਾਮਲ ਕਰਕੇ ਚੌਗਰਿਦੇ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਰਮਨ ਅਰੋੜਾ ਅਤੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਸਾਇੰਸ, ਤਕਨਾਲੋਜੀ ‘ਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਦੀ ਪ੍ਰਧਾਨਗੀ ਹੇਠ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਗਏ ਵਰਚੁਅਲ ਰਾਜ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ਮੂਲੀਅਤ ਕੀਤੀ।
ਇਸ ਮੌਕੇ ਐਸਡੀਐਮ ਬਲਬੀਰ ਰਾਜ ਸਿੰਘ, ਡਿਪਟੀ ਡੀਈਓ ਰਾਜੀਵ ਜੋਸ਼ੀ, ਆਪ ਦੇ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਵੱਖ-ਵੱਖ ਸਕੂਲਾਂ ਦੇ ਅਧਿਆਪਕ ‘ਤੇ ਵਿਦਿਆਰਥੀ ਮੌਜੂਦ ਸਨ।



