
ਕਮਿਸ਼ਨਰੇਟ ਜ਼ੋਨ-2 ‘ਚ ਸੀਆਰਪੀਐਫ ਦੀਆਂ ਤਿੰਨ ਕੰਪਨੀਆਂ ‘ਤੇ ਏਆਰਪੀ ਦੀ ਆਮਦ
ਜਲੰਧਰ (ਅਮਰਜੀਤ ਸਿੰਘ ਲਵਲਾ)
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵੱਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਮਾਡਲ ਟਾਊਨ ਵੱਲ ਨੂੰ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਲੋਕਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਕੇ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਸਿਰੇ ਚਾੜ੍ਹਿਆ ਜਾ ਸਕੇ।
ਕਮਿਸ਼ਨਰ ਆਫ ਪੁਲਿਸ ਨੌਨਿਹਾਲ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਚੋਣਾਂ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਜ਼ੋਨ-2 ਵਿੱਚ ਸੀਆਰਪੀਐਫ ਦੀਆਂ ਤਿੰਨ ਕੰਪਨੀਆਂ ਪਹੁੰਚ ਚੁੱਕੀਆਂ ਹਨ ‘ਤੇ ਏਆਰਪੀ ਦੀ ਆਮਦ ਵੀ ਸ਼ੁਰੂ ਹੋ ਗਈ ਹੈ, ਜਿਸ ਨਾਲ ਕਮਿਸ਼ਨਰੇਟ ਪੁਲਿਸ ਨੂੰ ਆਉਂਦੇ ਦਿਨਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਪੈਨੀ ਨਜ਼ਰ ਰੱਖਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਫਲੈਗ ਮਾਰਚ ਵਿੱਚ ਏਡੀਸੀਪੀ ਰੈਂਕ ਦੇ ਅਧਿਕਾਰੀਆਂ ਤੋਂ ਇਲਾਵਾ ਸੀਆਰਪੀਐਫ ਦੇ ਸਹਾਇਕ ਕਮਾਂਡੈਂਟ ਅਤੇ ਕੰਪਨੀ ਕਮਾਂਡਰ ਆਪਣੇ 30 ਤੋਂ ਵੱਧ ਮੁਲਾਜ਼ਮਾਂ ਸਮੇਤ ਸ਼ਾਮਲ ਹੋਏ।
ਨੌਨਿਹਾਲ ਸਿੰਘ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਲਾਇਸੰਸੀ ਹਥਿਆਰ ਵੀ ਜਮ੍ਹਾ ਕਰਵਾਏ ਜਾ ਰਹੇ ਹਨ, ਜੋ ਕਿ 90 ਫੀਸਦੀ ਦੇ ਲਗਭਗ ਜਮ੍ਹਾ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਦੀ ਹਦੂਦ ਅੰਦਰ ਨਾਕੇ ਵੀ ਲਗਾ ਕੇ ਚੈਕਿੰਗ ਸ਼ੁਰੂ ਹੋ ਚੁੱਕੀ ਹੈ, ਜਿਹੜੀ ਕਿ ਆਉਂਦੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਹਦਾਇਤਾਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀ ਜਾ ਸਕੇ।



