
ਵੋਟਿੰਗ ਮਸ਼ੀਨਾਂ ਦੀ ਹਲਕਾਵਾਰ ਵੰਡ
ਵੋਟਿੰਗ ਲਈ ਹਰੇਕ ਪੋਲਿੰਗ ਬੂਥ ’ਤੇ 1 ਬੈਲਟ ਯੂਨਿਟ,1 ਕੰਟਰੋਲ ਯੂਨਿਟ ਅਤੇ 1 ਵੀਵੀਪੈਟ ਦੀ ਵਰਤੋਂ ਕੀਤੀ ਜਾਵੇਗੀ—ਡਿਪਟੀ ਕਮਿਸ਼ਨਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਵਾਲੇ ਦਿਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ‘ਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 2374 ਬੈਲਟ ਯੂਨਿਟਾਂ, 2374 ਕੰਟਰੋਲ ਯੂਨਿਟਾਂ ਅਤੇ 2571 ਵੀਵੀਪੈਟ ਯੂਨਿਟਾਂ ਦੀ ਹਲਕਾਵਾਰ ਵੰਡ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 20 ਫੀਸਦੀ ਬੈਲਟ ਯੂਨਿਟ, 20 ਫੀਸਦੀ ਕੰਟਰੋਲ ਯੂਨਿਟ ਅਤੇ 30 ਫੀਸਦੀ ਵੀਵੀਪੈਟ ਯੂਨਿਟ ਵਿਧਾਨ ਹਲਕਾ ਵਾਰ ਰਿਜ਼ਰਵ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ ਕੀਤੀ ਗਈ ਹੈ, ਉਹ ਫਸਟ ਲੈਵਲ ਚੈਕਿੰਗ (ਐਫਐਲਸੀ) ਦੌਰਾਨ ਬਿਲਕੁਲ ਸਹੀ ਪਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਦੇ 1975 ਪੋਲਿੰਗ ਬੂਥਾਂ ’ਤੇ 20 ਫਰਵਰੀ 2022 ਨੂੰ ਵੋਟਾਂ ਪੈਣਗੀਆਂ ਅਤੇ ਹਰੇਕ ਪੋਲਿੰਗ ਬੂਥ ’ਤੇ 3 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਵੋਟਿੰਗ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ’ਤੇ 1 ਬੈਲਟ ਯੂਨਿਟ, 1 ਕੰਟਰੋਲ ਯੂਨਿਟ ਅਤੇ 1 ਵੀਵੀਪੈਟ ਦੀ ਵਰਤੋਂ ਕੀਤੀ ਜਾਵੇਗੀ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਰੈਂਡਮਾਈਜ਼ੇਸ਼ਨ ਉਪਰੰਤ ਚੋਣ ਹਲਕਾਵਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਨੰਬਰਾਂ ਦੀ ਤਸਦੀਕਸ਼ੁਦਾ ਸੂਚੀ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਸਪਲਾਈ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ 24 ਤੋਂ 28 ਜਨਵਰੀ ਤੱਕ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਨ੍ਹਾਂ ਮਸ਼ੀਨਾਂ ਦੀ ਜ਼ਿਲ੍ਹਾ ਵੇਅਰ ਹਾਊਸ ਤੋਂ ਚੋਣ ਹਲਕਾਵਾਰ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਵੰਡ ਕੀਤੀ ਜਾਵੇਗੀ। ਉਨ੍ਹਾ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਵੱਲੋਂ ਇਹ ਮਸ਼ੀਨਾਂ ਹਲਕਾ ਪੱਧਰ ’ਤੇ ਬਣਾਏ ਗਏ ਪ੍ਰੀ-ਪੋਲ ਈਵੀਐਮ ਸਟਰਾਂਗ ਰੂਮ ਵਿੱਚ ਸਟੋਰ ਕੀਤੀਆਂ ਜਾਣਗੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋਣ ਉਪਰੰਤ ਉਨ੍ਹਾਂ ਦੀ ਹਾਜ਼ਰੀ ਵਿੱਚ ਮਸ਼ੀਨਾਂ ਦੀ ਤਿਆਰੀ ਦੀ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਆਪਣੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਭਾਰਤੀ ਜਨਤਾ ਪਾਰਟੀ ਤੋਂ ਨਰੇਸ਼ ਦੀਵਾਨ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ, ਆਮ ਆਦਮੀ ਪਾਰਟੀ ਤੋਂ ਜਸਵੰਤ ਰਾਏ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਹਰਪਾਲ ਸਿੰਘ ਸੰਧੂ, ਸੀਪੀਆਈ (ਐਮ) ਪ੍ਰਕਾਸ਼ ਰਾਮ ਕਲੇਰ ਆਦਿ ਮੌਜੂਦ ਸਨ।



