
25 ਜਨਵਰੀ ਤੋਂ 1 ਫਰਵਰੀ ਤੱਕ ਲਈਆਂ ਜਾਣਗੀਆਂ ਨਾਮਜ਼ਦਗੀਆਂ, 2 ਫਰਵਰੀ ਨੂੰ ਹੋਵੇਗੀ ਕਾਗਜ਼ਾਂ ਦੀ ਪੜਤਾਲ, 4 ਫਰਵਰੀ ਨੂੰ ਨਾਮਜ਼ਦਗੀਆਂ ਲਈਆਂ ਜਾ ਸਕਣਗੀਆਂ ਵਾਪਸ ਅਤੇ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।
ਡਿਪਟੀ ਕਮਿਸ਼ਨਰ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਸੋਧੇ ਚੋਣ ਸ਼ਡਿਊਲ ਸਬੰਧੀ ਦੱਸਿਆ ਕਿ ਹੁਣ ਵੋਟਾਂ 20 ਫਰਵਰੀ ਨੂੰ ਪੈਣਗੀਆਂ, ਜਿਸ ਲਈ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ 2 ਫਰਵਰੀ ਨੂੰ ਹੋਵੇਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੀ ਹੋਵੇਗੀ।
ਰੈਂਡਮਾਈਜ਼ੇਸ਼ਨ ਦੌਰਾਨ ਚੋਣਾਂ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਰੈਂਡਮਾਈਜ਼ੇਸ਼ਨ ਮੁੱਖ ਚੋਣ ਦਫ਼ਤਰ ਦੇ ਸਾਫ਼ਟਵੇਅਰ ਰਾਹੀਂ ਕਰਵਾਈ ਗਈ ਹੈ, ਜਿਸ ਵਿੱਚ ਜਲੰਧਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਂਦੇ ਸਟਾਫ਼ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1975 ਪੋਲਿੰਗ ਬੂਥ ਸਥਾਪਤ ਹੋਣਗੇ, ਜਿਥੇ ਹਰੇਕ ਬੂਥ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰਾਂ ਦੀ ਨਿਯੁਕਤੀ ਲਈ ਲੋੜੀਂਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਨੂੰ ਅਲਾਟ ਕੀਤੇ ਗਏ ਚੋਣ ਹਲਕੇ ਦੇ ਰਿਟਰਨਿੰਗ ਵੱਲੋਂ ਨਿਰਧਾਰਿਤ ਕੀਤੇ ਟ੍ਰੇਨਿੰਗ ਵਾਲੇ ਸਥਾਨ ‘ਤੇ 23 ਜਨਵਰੀ ਨੂੰ ਸਵੇਰੇ 10 ਵਜੇ ਸਿਖਲਾਈ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਜਲੰਧਰ ਪੱਛਮੀ, ਜਲੰਧਰ ਉੱਤਰੀ, ਜਲੰਧਰ ਕੇਂਦਰੀ, ਜਲੰਧਰ ਕੈਂਟ, ਨਕੋਦਰ, ਸ਼ਾਹਕੋਟ, ਫਿਲੌਰ, ਕਰਤਾਰਪੁਰ ਅਤੇ ਆਦਮਪੁਰ ਦੇ ਸਾਰੇ ਪੋਲਿੰਗ ਬੂਥਾਂ ਲਈ 14142 ਪੋਲਿੰਗ ਕਰਮਚਾਰੀਆਂ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ।
ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਆਪਣੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਵੋਟਰਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 16,50,867 ਵੋਟਰ ਹਨ, ਜਿਨ੍ਹਾਂ ਵਿੱਚ 858305 ਪੁਰਸ਼, 792532 ਮਹਿਲਾ ਅਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਅਜ਼ਾਦਾਨਾ ਢੰਗ ਨਾਲ ਕਰ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜ਼ਿਲ੍ਹਾ ਇਨਫਰਮੇਟਿਕਸ ਅਫ਼ਸਰ ਰਣਜੀਤ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਸੁਨੀਤਾ ਪਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਾਜੀਵ ਜੋਸ਼ੀ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਵੱਲੋਂ ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਵੱਲੋਂ ਸੁਰਜੀਤ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਵਿਜੈ ਯਾਦਵ, ਸੀਪੀਆਈ (ਐਮ) ਵੱਲੋਂ ਪ੍ਰਕਾਸ਼ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਹਰਪਾਲ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੇਵ ਸਿੰਘ ਭਾਟੀਆ, ਭਾਰਤੀ ਜਨਤਾ ਪਾਰਟੀ ਵੱਲੋਂ ਦਵਿੰਦਰ ਕਾਲੀਆ, ਤ੍ਰਿਣਮੂਲ ਕਾਂਗਰਸ ਪਾਰਟੀ ਵੱਲੋਂ ਜਤਿੰਦਰ ਸ਼ਰਮਾ ਆਦਿ ਮੌਜੂਦ ਸਨ।



