
ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਕੀਤਾ ਪ੍ਰੇਰਿਤ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਆਗਾਜ਼ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੀ ਵਚਨਬੱਧਤਾ ਨੂੰ ਦਹੁਰਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਸੂਬੇ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪੂਰੀ ਤਵਜੋਂ ਦੇ ਕੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣਾ ਪੰਜਾਬ ਸਰਕਾਰ ਦਾ ਟੀਚਾ ਹੈ, ਜਿਸ ਨੂੰ ਖਿਡਾਰੀਆਂ ਤੇ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੈਡਲ ਜਿੱਤਣ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਉੱਥੇ ਹੀ ਖਿਡਾਰੀਆਂ ਵਿੱਚ ਆਪਸੀ ਸਾਂਝ ਵੀ ਵੱਧਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਨੂੰ ਖੇਡ ਭਾਵਨਾ ਨਾਲ ਹੀ ਖੇਡਣ ਅਤੇ ਹਾਰ-ਜਿੱਤ ਨੂੰ ਖਿੜੇ ਮੱਥੇ ਸਵੀਕਾਰ ਕਰਨ।
ਸੁਰਜੀਤ ਹਾਕੀ ਸੁਸਾਇਟੀ ਵੱਲੋਂ ਨੌਜਵਾਨ ਖਿਡਾਰੀ ਤਿਆਰ ਕਰਨ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਸੁਸਾਇਟੀ ਨੇ ਕਈ ਖਿਡਾਰੀ ਪੈਦਾ ਕੀਤੇ ਹਨ, ਜਿਨ੍ਹਾਂ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਗਿਆ ਹੈ। ਇਸ ਦੌਰਾਨ ਆਰਮੀ ਗ੍ਰੀਨ ਅਤੇ ਸੈਂਟਰਲ ਰਿਜ਼ਰਵ ਪੁਲਿਸ ਫੋਰਸ ਦੀਆਂ ਟੀਮਾਂ ਵਿਚਕਾਰ ਚੌਥਾ ਨਾਕ ਆਊਟ ਮੈਚ ਵੀ ਖੇਡਿਆ ਗਿਆ, ਜਿਸ ਦਾ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਜਿਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ, ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਆਰੰਭ ਕਰਵਾਇਆ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜੋ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਦੱਸਿਆ ਕਿ ਟੂਰਨਾਮੈਂਟ ਵਿੱਚ ਦੇਸ਼ ਭਰ ਦੀਆਂ ਨਾਮੀ ਟੀਮਾਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਅਮਰੀਕਾ ਅਤੇ ਕੈਨੇਡਾ ਵਿੱਚ ਮੈਚਾਂ ਦੇ ਲਾਈਵ ਟੈਲੀਕਾਸਟ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਐਸਡੀਐਮ, ਬਲਬੀਰ ਰਾਜ ਸਿੰਘ, ‘ਆਪ’ ਆਗੂ ਰਾਜਵਿੰਦਰ ਕੌਰ, ਦਿਨੇਸ਼ ਢੱਲ ਆਦਿ ਮੌਜੂਦ ਸਨ।



