
ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਦੇ ਨਾਲ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਸਮਾਰਟ ਸਿਟੀ ਪ੍ਰਾਜੈਕਟ ਤਹਿਤ 1984.50 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਜਲੰਧਰ ਸਮਾਰਟ ਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ, ਜਿਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ ਵੀ ਮੌਜੂਦ ਸਨ, ਨੇ ਸਰਫੇਸ ਵਾਟਰ ਪ੍ਰਾਜੈਕਟ, ਬਰਲਟਨ ਪਾਰਕ ਸਪੋਰਟਸ ਹੱਬ ਅਤੇ ਖੇਤਰ ਅਧਾਰਤ ਵਿਕਾਸ ਪ੍ਰੋਗਰਾਮ, ਸਮਾਰਟ ਸੜਕਾਂ ਅਤੇ ਹੋਰ ਪ੍ਰਾਜੈਕਟ ਸਮੇਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ । ਉਨ੍ਹਾਂ ਬਾਇਓ-ਮਾਈਨਿੰਗ ਪ੍ਰਾਜੈਕਟ, ਆਫ਼ਤ ਪ੍ਰਬੰਧਨ ਗਤੀਵਿਧੀਆਂ ਸਬੰਧੀ ਯੋਜਨਾ, ਐਲਈਡੀ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਫਲਾਈਓਵਰ ਦੇ ਹੇਠਾਂ ਗ੍ਰੀਨ ਬੈਲਟ ਵਿਕਸਤ ਕਰਨਾ, ਪਾਰਕਾਂ ਦਾ ਨਿਰਮਾਣ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਵੀ ਜਾਇਜ਼ਾ ਲਿਆ। ਲੋਕ ਸਭਾ ਮੈਂਬਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਸਰਵਓਚ ਤਰਜੀਹ ਦੇਣ ਲਈ ਕਿਹਾ ਤਾਂ ਜੋ ਰਾਜ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਮਿਲ ਸਕੇ । ਸੰਸਦ ਮੈਂਬਰ ਨੇ ਸਪੱਸ਼ਟ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਕਰਨ ‘ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।



