ActionJalandharPunjab

ਸਰਕਾਰੀ ਦਫ਼ਤਰਾਂ ’ਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਦਰਸਾਉਂਦੇ ਬੋਰਡ ਲਗਾਏ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਰਿਸ਼ਵਤ ਦੀ ਮੰਗਣ ਵਾਲੇ ਅਧਿਕਾਰੀ, ਕਰਮਚਾਰੀਆਂ ਦੀ ਆਡੀਓ, ਵੀਡੀਓ ਰਿਕਾਰਡ ਕਰਨ ਤੇ 95012-00200 'ਤੇ ਭੇਜਣ ਲਈ ਕਿਹਾ

*ਸਰਕਾਰੀ ਵਿਭਾਗਾਂ ’ਚ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸਖ਼ਤ ਕਾਰਵਾਈ ਦੀ ਚਿਤਾਵਨੀ*
ਜਲੰਧਰ *ਗਲੋਬਲ ਆਜਤੱਕ*
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ  ਜਲੰਧਰ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਦਰਸਾਉਂਦੇ ਬੋਰਡ ਲਗਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਸ ਹੈਲਪਲਾਈਨ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਅਜਿਹੇ ਕਰਮਚਾਰੀ ਵਿਰੁੱਧ ਜਲਦੀ ਤੋਂ ਜਲਦੀ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਬ ਰਜਿਸਟਰਾਰ ਦਫ਼ਤਰ, ਪਟਵਾਰਖਾਨਾ ਬਿਲਡਿੰਗ, ਸੇਵਾ ਕੇਂਦਰ, ਖ਼ਜ਼ਾਨਾ ਦਫ਼ਤਰ, ਐਸਡੀਐਮ-1 ਦਫ਼ਤਰ ਦੀ ਮੁੱਖ ਐਂਟਰੀ, ਤਹਿਸੀਲ ਕੋਰੀਡੋਰ, ਡੀਸੀ. ਦਫ਼ਤਰ ਦੀਆਂ ਸਾਰੀਆਂ ਮੰਜ਼ਿਲਾਂ, ਆਰਟੀਏ ਦਫ਼ਤਰ, ਡਰਾਈਵਿੰਗ ਲਾਇਸੰਸ ਖਿੜਕੀ ਦੇ ਨੇੜੇ ਐਸਡੀਐਮ-2 ਦੇ ਦਫ਼ਤਰ ਅਤੇ ਪੁਰਾਣੇ ਪਟਵਾਰਖਾਨੇ ਸਮੇਤ ਕਈ ਥਾਵਾਂ ’ਤੇ ਬੋਰਡ ਲਗਾਏ ਗਏ ਹਨ।

ਇਸ ਤੋਂ ਇਲਾਵਾ ਜਲੰਧਰ ਇੰਪਰੂਵਮੈਂਟ ਟਰੱਸਟ, ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਦੀਆਂ ਇਮਾਰਤਾਂ ਸਮੇਤ ਹੋਰ ਵਿਭਾਗਾਂ ਵਿੱਚ ਵੀ ਇਹ ਬੋਰਡ ਲਗਾਏ ਗਏ ਹਨ।
*ਬੋਰਡ ’ਤੇ ਲਿਖਿਆ ਹੈ*

ਜੇਕਰ ਕੋਈ ਅਧਿਕਾਰੀ, ਕਰਮਚਾਰੀ ਸਰਕਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਉਸਦੀ ਆਡੀਓ, ਵੀਡੀਓ ਰਿਕਾਰਡ ਕੀਤੀ ਜਾਵੇ ਅਤੇ ਤੁਰੰਤ ਕਾਰਵਾਈ ਲਈ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ’ਤੇ ਹੈਲਪਲਾਈਨ ਨੰਬਰ 95012-00200 ‘ਤੇ ਭੇਜੀ ਜਾਵੇ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ ਜਿਸ ਤਹਿਤ ਸਰਕਾਰੀ ਅਧਿਕਾਰੀ, ਕਰਮਚਾਰੀਆਂ ਵੱਲੋਂ ਕੀਤੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਅਧਿਕਾਰੀ, ਕਰਮਚਾਰੀਆਂ ਨੂੰ ਰਿਸ਼ਵਤ ਮੰਗਣ ਜਾਂ ਲੈਣ ਸਬੰਧੀ ਕੋਈ ਵੀ ਸ਼ਿਕਾਇਤ ਆਉਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਬਲਿਕ ਡੀਲਿੰਗ ਦਫ਼ਤਰਾਂ ਵਿੱਚ ਇਸ ਮਹੱਤਵਪੂਰਨ ਜਾਣਕਾਰੀ ਦੇ ਵੱਧ ਤੋਂ ਵੱਧ ਪਸਾਰ ਲਈ ਹੋਰ ਵਿਭਾਗਾਂ ਵਿੱਚ ਵੀ ਹੋਰ ਬੋਰਡ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਦੇ ਹਨ ਤਾਂ ਇਸ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਵਰਤੋਂ ਕਰਕੇ ਆਪਣੀ ਭਾਗੀਦਾਰੀ ਰਾਹੀਂ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!