
28 ‘ਤੇ 29 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ’ਤੇ ਲੱਗਣਗੇ ਸੁਵਿਧਾ ਕੈਂਪ—ਡਿਪਟੀ ਕਮਿਸ਼ਨਰ ਲਾਭਪਾਤਰੀਆਂ ਨੂੰ ਸੁਵਿਧਾ ਕੈਂਪਾ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਕੀਤੀ ਅਪੀਲ ਜਲੰਧਰ (ਅਮਰਜੀਤ ਸਿੰਘ ਲਵਲਾ) ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ। ਇਸੇ ਗੰਭੀਰਤਾ ਸਦਕਾ 28 ਅਤੇ 29 ਅਕਤੂਬਰ ਨੂੰ ਸਬ ਡਵੀਜ਼ਨ ਅਤੇ ਜ਼ਿਲ੍ਹਾ ਹੈਡਕੁਆਰਟਰ ’ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਸੁਵਿਧਾ ਕੈਂਪਾ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ ਬੁਢਾਪਾ, ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ, ਘਰ ਦੀ ਸਥਿਤੀ ਕੱਚਾ/ਪੱਕਾ ਪੀਐਮਏ ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲਪੀਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸਸੀਬੀਸੀ ਕਾਰਪੋਰੇਸ਼ਨਾਂ/ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, ਪੈਂਡਿੰਗ ਸੀਐਲਯੂ ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰੇ ਜਾਣਗੇ। ਡਿਪਟੀ ਕਮਿਸ਼ਨਰ ਥੋਰੀ ਨੇ ਉਕਤ ਸਕੀਮਾਂ ਨਾਲ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਵਿਧਾ ਕੈਂਪਾ ਸਬੰਧੀ ਜਾਗਰੂਕਤਾ ਫੈਲਾਉਣੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।
ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਸੁਵਿਧਾ ਕੈਂਪਾ ਦਾ ਫਾਇਦਾ ਚੁੱਕਣ। ਉਨ੍ਹਾਂ ਵਿਭਾਗਾਂ ਦੇ ਮੁੱਖੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਵਿਧਾ ਕੈਂਪ ਲਗਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਸ਼ਲਾਘਾ ਯੋਗ ਉਪਰਾਲਾ ਕੀਤਾ ਜਾ ਰਿਹਾ ਹੈ, ਇਸ ਲਈ 28 ਅਤੇ 29 ਅਕਤੂਬਰ ਨੂੰ ਲਗਾਏ ਜਾ ਰਹੇ ਸੁਵਿਧਾ ਕੈਂਪਾ ਵਿੱਚ ਲਾਪ੍ਰਵਾਹੀ ਸਹਿਣਯੋਗ ਨਹੀਂ ਹੋਵੇਗੀ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਕੋਲੋਂ ਉਕਤ ਸਕੀਮਾਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਦਫ਼ਤਰਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੀ ਸਖ਼ਤ ਹਦਾਇਤ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਰਜੀਤ ਬੈਂਸ ਤੋਂ ਇਲਾਵਾ ਐਸਡੀਐਮ ਜਲੰਧਰ-1 ਹਰਪ੍ਰੀਤ ਸਿੰਘ ਅਟਵਾਲ, ਐਸਡੀਐਮ ਜਲੰਧਰ-2 ਬਲਬੀਰ ਰਾਜ ਸਿੰਘ, ਐਸਡੀਐਮ ਸ਼ਾਹਕੋਟ ਲਾਲ ਵਿਸ਼ਵਾਸ, ਐਸਡੀਐਮ ਨਕੋਦਰ ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਓਜਸਵੀ ਅਲੰਕਾਰ, ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।



