
*ਸੀਵਰੇਜ ਪਾਈਪਾਂ ਦੀ ਸਫਾਈ ਸਮੇਤ ਹੋਰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਸ਼ਹਿਰ ਦੇ ਸਲੱਮ ਇਲਾਕੇ ਵਿਚਲੇ ਘਰਾਂ ਵਿੱਚ ਸੀਵਰੇਜ ਦਾ ਪਾਣੀ ਦਾਖ਼ਲ ਹੋਣ ਅਤੇ ਪੀਣ ਵਾਲੇ ਪਾਣੀ ਵਿੱਚ ਮਿਕਸ ਹੋ ਕੇ ਆਉਣ ਦੇ ਮਾਮਲੇ ਦੀ ਸ਼ਿਕਾਇਤ ਉਪਰੰਤ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭਾਦਿਆਲ ਵੱਲੋਂ ਮੌਕੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ।
ਕਮਿਸ਼ਨ ਦੇ ਮੈਂਬਰਾਂ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਵਾਰਡ ਨੰ. 14 ਦੇ ਮੁਹੱਲਾ ਸ੍ਰੀ ਗੁਰੂ ਰਵਿਦਾਸ (ਭੋਜੋਵਾਲ ਪੱਟੀ) ਭਗਵਾਨ ਵਾਲਮੀਕਿ ਮੁਹੱਲਾ, ਵਾਸੂ ਮੁਹੱਲਾ ਚੌਗਿਟੀ ਦੇ ਨਿਵਾਸੀਆਂ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦੇ ਮੁਹੱਲਿਆਂ ਵਿੱਚ ਸੀਵਰੇਜ ਓਵਰ ਫਲੋਅ ਹੋਣ ਕਾਰਨ ਗੰਦਾ ਪਾਣੀ ਘਰਾਂ ਵਿੱਚ ਦਾਖ਼ਲ ਹੋ ਜਾਂਦਾ ਹੈ। ਬਰਸਾਤ ਦੇ ਦਿਨਾਂ ਵਿੱਚ ਹਾਲਤ ਹੋਰ ਵੀ ਖ਼ਰਾਬ ਹੋ ਜਾਂਦੀ ਹੈ। ਇਸ ਤੋਂ ਇਲਾਵਾ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਕਸ ਹੋ ਕੇ ਆਉਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਸ਼ਿਕਾਇਤ ਦਾ ਨੋਟਿਸ ਲੈਣ ’ਤੇ ਉਨ੍ਹਾਂ ਵੱਲੋਂ ਅੱਜ ਮੌਕੇ ਤੇ ਦੌਰਾ ਕਰਕੇ ਸ਼ਿਕਾਇਤਕਰਤਾ ਧਿਰ ਦਾ ਪੱਖ ਸੁਣਿਆ ਗਿਆ ਹੈ। ਇਸ ਤੋਂ ਬਾਅਦ ਕਮਿਸ਼ਨ ਦੇ ਮੈਂਬਰਾਂ ਨੇ ਸਰਕਟ ਹਾਊਸ ਵਿਖੇ ਸ਼ਿਕਾਇਤਕਰਤਾ ਧਿਰ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕਮਿਸ਼ਨ ਦੇ ਮੈਂਬਰਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਉਕਤ ਮੁਹੱਲਿਆਂ ਵਿੱਚ ਤੁਰੰਤ ਸੀਵਰੇਜ ਪਾਈਪਾਂ ਦੀ ਸਫਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਮੈਨ ਹੋਲਾਂ ਦੀ ਸਫਾਈ ਅਤੇ ਸੀਵਰੇਜ ਦੇ ਵੱਡੇ ਪਾਈਪ ਪਾਉਣ ਲਈ ਸਰਵੇ ਸਮੇਤ ਹੋਰ ਲੋੜੀਂਦੇ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ।



