
ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਦਾ ਲਿਆ ਜਾਇਜਾ*
ਜਲੰਧਰ *ਗਲੋਬਲ ਆਜਤੱਕ*
ਲੋਕਾਂ ਨੂੰ ਜਮੀਨੀ ਪੱਧਰ ‘ਤੇ ਬਿਹਤਰ ਸਿਹਤ ਸਹੁਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਦਾ ਦੋਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਕਾਰਜਕਾਰੀ ਐਮਐਸ ਡਾ. ਗੁਰਮੀਤ ਲਾਲ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਵੀ ਮੌਜੂਦ ਸਨ।
ਡਾ. ਰਣਜੀਤ ਸਿੰਘ ਵਲੋਂ ਸਿਵਲ ਹਸਪਤਾਲ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਦੇ ਪਰਚੀ ਕਾਉਂਟਰ, ਡੈਂਟਲ, ਚਮੜੀ, ਅੱਖਾਂ, ਟਰੋਮਾ ਸੈਂਟਰ, ਮੈਡੀਸਨ ਓਪੀਡੀ, ਲੈਬੋਰਟਰੀ, ਬਲੱਡ ਬੈਂਕ, ਜੱਚਾ-ਬੱਚਾ ਸਿਹਤ ਕੇਂਦਰ ਅਤੇ ਐਮਰਜੈਂਸੀ ਸੇਵਾਵਾਂ ਸੰਬੰਧੀ ਮੌਕੇ ‘ਤੇ ਹੀ ਜਾਣਕਾਰੀ ਹਾਸਿਲ ਕੀਤੀ। ਸਿਵਲ ਸਰਜਨ ਵਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵੀ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਜਰੂਰੀ ਹਦਾਇਤਾਂ ਜਾਰੀ ਕੀਤੀਆਂ।



