ActionJalandharPunjab

ਸਿੰਗਲ ਯੂਜ਼ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ’ਚ ਵਿਦਿਆਰਥੀ ਨਿਭਾਅ ਸਕਦੇ ਨੇ ਅਹਿਮ ਭੂਮਿਕਾ—ਡਾ. ਇੰਦਰਬੀਰ ਸਿੰਘ ਨਿੱਜਰ

ਜਲੰਧਰ ’ਚ ਜਲਦ ਸ਼ੁਰੂ ਹੋਵੇਗੀ ਚੈਕਿੰਗ ਮੁਹਿੰਮ, ਉਲੰਘਣਾ ਕਰਨ ਵਾਲਿਆਂ ਦੇ ਹੋਣਗੇ ਚਲਾਨ—ਡਿਪਟੀ ਕਮਿਸ਼ਨਰ
ਜਲੰਧਰ (ਅਮਰਜੀਤ ਸਿੰਘ ਲਵਲਾ ਗਲੋਬਲ ਆਜਤੱਕ)
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਿੰਗਲ ਯੂਜ਼ ਪਲਾਸਟਿਕ ’ਤੇ ਲੱਗੀ ਪਾਬੰਦੀ ਨੂੰ ਪੂਰੀ ਸੁਹਿਰਦਤਾ ਨਾਲ ਅਮਲ ਵਿੱਚ ਲਿਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਿਦਿਆਰਥੀ ਇਸ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

ਸਥਾਨਕ ਸੀਟੀ ਗਰੁੱਪ ਆਫ ਇੰਸਟੀਚਿਊਸ਼ਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦੌਰਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸਾਰਿਆਂ ਨੂੰ ਸਿੰਗਲ ਯੂਜ਼ ਪਲਾਸਟਿਕ ਨੂੰ ‘ਨਾਂਹ’ ਦਾ ਅਹਿਦ ਲੈਣਾ ਚਾਹੀਦਾ ਹੈ ਤਾਂ ਜੋ ਸਿਹਤਮੰਦ ਅਤੇ ਸਾਫ-ਸੁਥਰੇ ਵਾਤਾਵਰਣ ਦੀ ਕਲਪਨਾ ਨੂੰ ਹਕੀਕਤ ਦਾ ਰੂਪ ਦਿੱਤਾ ਜਾ ਸਕੇ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਵਿੱਚ ਇਸ ਪਲਾਸਟਿਕ ’ਤੇ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਉਂਦੀਆਂ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ, ਜਿਸ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵਾਤਾਵਰਣ-ਪੱਖੀ ਵਸਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੱਡਾ ਰੋਲ ਅਦਾ ਕਰ ਸਕਦੇ ਹਨ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ 43 ਫੀਸਦੀ ਪਲਾਸਟਿਕ ਸਿੰਗਲ ਯੂਜ਼ ਵਾਲੀ ਹੁੰਦੀ ਹੈ, ਜਿਸ ਵਿੱਚੋਂ 40 ਫੀਸਦੀ ਅਜਿਹੀ ਹੈ, ਜਿਹੜੀ ਕਦੇ ਇਕੱਤਰ ਨਹੀਂ ਹੁੰਦੀ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਪਸ਼ੂਆਂ ਲਈ ਵੀ ਜਾਨ ਦਾ ਖੌਅ ਬਣਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਵਸਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਕੇ ਰਾਜ ਅੰਦਰ ਫੈਲੇ ਵੱਖ-ਵੱਖ ਕਿਸਮਾਂ ਦੇ ਪ੍ਰਦੂਸ਼ਣ ਤੋਂ ਨਿਜਾਤ ਪਾਈ ਜਾ ਸਕਦੀ ਹੈ।
ਸਥਾਨਕ ਸਰਕਾਰ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਭਵਿੱਖ ਵਿੱਚ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟਾ ਵਾਲੀਆਂ ਥਾਵਾਂ ਦੇ ਨਾਲ ਲੋੜੀਂਦੀ ਥਾਂ ਨਾਲੋਂ ਵਾਧੂ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਯੁਨਿਟਾਂ ਦਾ ਲੋੜ ਅਨੁਸਾਰ ਵਿਸਥਾਰ ਕੀਤਾ ਜਾ ਸਕੇ। ਡਾ. ਨਿੱਜਰ ਨੇ ਲੋਕਾਂ ਨੂੰ ਵੱਡਮੁੱਲੇ ਕੁਦਰਤੀ ਸੋਮੇ ਪਾਣੀ ਦੀ ਬਰਬਾਦੀ ਨੂੰ ਰੋਕ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਅਨਮੋਲ ਦਾਤ ਨੂੰ ਬਚਾਉਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿੰਗਲ ਯੂਜ਼ ਪਲਾਸਟਿਕ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਨਾਲ ਮਿਲ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀਆਂ ਪਾਬੰਦੀਆਂ ਨੂੰ ਪੂਰੀ ਸੰਜੀਦਗੀ ਨਾਲ ਲੈਣ ਅਤੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਪੰਜਾਬ ਸਰਕਾਰ ਵੱਲੋਂ ਵਾਤਾਵਰਣ-ਪੱਖੀ ਕਦਮਾਂ ਬਾਰੇ ਜਾਣਕਾਰੀ ਦਿੱਤੀ। ਕਮਿਸ਼ਨਰ ਨਗਰ ਨਿਗਮ ਦਵਿੰਦਰ ਸਿੰਘ ਨੇ ਵੀ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਇਸ ਦੇ ਬਦਲ ਵਜੋਂ ਵਾਤਾਵਰਣ ਪੱਖੀ ਵਸਤਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਡਾ. ਨਿੱਜਰ ਅਤੇ ਹੋਰਨਾਂ ਸ਼ਖਸੀਅਤਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਕੀਤੇ ਕੱਪੜੇ ਅਤੇ ਜੂਟ ਦੇ ਝੋਲਿਆਂ ਦੀ ਸ਼ੁਰੂਆਤ ਕੀਤੀ। ਸਰਕਾਰੀ ਮਾਡਲ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਸੁਖਬੀਰ ਸਿੰਘ ਅਤੇ ਅਨਮੋਲ ਵੱਲੋਂ ਵਾਤਾਵਰਣ ਸਬੰਧੀ ਲਾਜਵਾਬ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਦੀ ਡਾ. ਨਿੱਜਰ ਵੱਲੋਂ ਆਪਣੇ ਸੰਬੋਧਨ ਦੌਰਾਨ ਸ਼ਲਾਘਾ ਵੀ ਕੀਤੀ ਗਈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਸੰਦੀਪ ਬਹਿਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਕੌਰ, ਪ੍ਰਿੰ. ਪ੍ਰੇਮ ਕੁਮਾਰ, ਰਤਨ ਸਿੰਘ ਕਾਕੜ ਕਲਾਂ, ਜੀਤ ਲਾਲ ਭੱਟੀ, ਦਿਨੇਸ਼ ਢੱਲ, ਮੰਗਲ ਸਿੰਘ ਤੋਂ ਇਲਾਵਾ ਸੀਟੀ ਗਰੁੱਪ ਦੇ ਐਮਡੀ ਡਾ. ਮਨਬੀਰ ਸਿੰਘ ਅਤੇ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਸਥਾਨਰ ਸਰਕਾਰ ਮੰਤਰੀ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
ਇਸ ਦੌਰਾਨ ਸਥਾਨਕ ਸਰਕਾਰ ਮੰਵਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਲਈ ਜੋ ਵੀ ਫੈਸਲੇ ਲੈਣੇ ਪੈਣਗੇ, ਉਹ ਲਏ ਜਾਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!