JalandharPunjab

ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ—ਡੀਜੀਪੀ

ਸੀਪੀਜ਼, ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ਨੇੜੇ ਚੌਕਸੀ ਵਧਾਉਣ ਦੇ ਵੀ ਦਿੱਤੇ ਨਿਰਦੇਸ਼

ਆਗਾਮੀ ਤਿਓਹਾਰਾਂ ਦੇ ਸੀਜ਼ਨ ਦੌਰਾਨ ਜਨਤਾ ਨੂੰ ਚੌਕਸ ਰਹਿਣ ਦੀ ਅਪੀਲ, ਕੋਈ ਵੀ ਸ਼ੱਕੀ ਜਾਂ ਲਾਵਾਰਿਸ ਚੀਜ਼ ਮਿਲਣ `ਤੇ 112 ਜਾਂ 181 `ਤੇ ਕਾਲ ਕਰਨ ਲਈ ਕਿਹਾ
ਡੀਜੀਪੀ ਪੰਜਾਬ ਨੇ ਹਾਲ ਹੀ ਵਿੱਚ ਟਿਫ਼ਨ ਬੰਬ, ਹੈਂਡ ਗ੍ਰੇਨੇਡ ਅਤੇ ਪਿਸਤੌਲਾਂ ਬਰਾਮਦ ਹੋਣ ਦੇ ਮੱਦੇਨਜ਼ਰ ਸੂਬੇ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸਾਰੇ ਫੀਲਡ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅੱਜ ਸਾਰੇ ਸੀਪੀਜ਼, ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ‘ਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਿਸ (ਪੀਏਪੀ) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਹਾਲਾਂਕਿ ਜ਼ਿਆਦਾਤਰ ਪੁਲਿਸ ਮੁਖੀਆਂ ਦੁਆਰਾ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ ਜਿਸ ਵਿੱਚ ਤਕਨਾਲੋਜੀ ਅਤੇ ਟਰੇਡਕਰਾਫ਼ਟ ਦੀ ਵਰਤੋਂ ਸ਼ਾਮਲ ਹੈ, ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੋੜ ਹੈ।”
ਇਹ ਮੀਟਿੰਗ ਹਾਲ ਹੀ ਵਿੱਚ ਰਾਜ `ਚ ਗ੍ਰੇਨੇਡ ਅਤੇ ਆਰਡੀਐਕਸ ਨਾਲ ਲੈਸ ਟਿਫਿਨ ਬਾਕਸ ਮਿਲਣ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ ਜਿਸ ਤੋਂ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਮਿਲਦਾ ਹੈ, ਦੇ ਮੱਦੇਨਜ਼ਰ ਕੀਤੀ ਗਈ। ਮੀਟਿੰਗ ਵਿੱਚ ਰੇਲਵੇ ਦੇ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਡੀਜੀਪੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕਰਦਿਆਂ ਤੁਰੰਤ ਫੌਜਦਾਰੀ ਕੇਸ ਦਰਜ ਕੀਤੇ ਜਾਣ। ਉਨ੍ਹਾਂ ਨੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਹ ਕਿਸੇ ਅਪਰਾਧਿਕ ਜਾਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਂਦੇ ਹਨ ਤਾਂ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਂ ਪਾਸਪੋਰਟ ਤਸਦੀਕ ਅਤੇ ਹੋਰ ਵਿਅਕਤੀਗਤ ਜਾਂਚ ਕਾਰਵਾਈਆਂ ਸਮੇਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਗਾਮੀ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡੀਜੀਪੀ ਦਿਨਕਰ ਗੁਪਤਾ ਨੇ ਸੀਪੀਜ਼, ਐਸਐਸਪੀਜ਼ ਨੂੰ ਸਾਰੇ ਸੰਵੇਦਨਸ਼ੀਲ ਸਥਾਨਾਂ `ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟਿਫਿਨ ਬੰਬ ਅਤੇ ਹੋਰ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਉਹ ਸਪੀਕਰਾਂ ਰਾਹੀਂ ਸੂਚਨਾ ਦੇ ਕੇ ਹੋਰਨਾਂ ਨੂੰ ਵੀ ਚੌਕਸ ਰਹਿਣ ਬਾਰੇ ਜਾਗਰੂਕ ਕਰ ਸਕਣ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਕਰਨ ਲਈ ਵੱਖ -ਵੱਖ ਜਨਤਕ ਸਥਾਨਾਂ ਜਿਵੇਂ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ `ਤੇ ਪਬਲਿਕ ਐਡਰੈੱਸ ਸਿਸਟਮ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਅਤੇ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਹ 112 ਜਾਂ 181 ਡਾਇਲ ਕਰਕੇ ਰਿਪੋਰਟ ਦੇਣ।
ਡੀਜੀਪੀ ਦਿਨਕਰ ਗੁਪਤਾ ਨੇ ਸੀਪੀਜ਼, ਐਸਐਸਪੀਜ਼ ਨੂੰ ਨਸ਼ਾ ਤਸਕਰਾਂ, ਸਪਲਾਇਰਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨਾਂ ਬੇਅਸਰ ਰਹਿਣ।
ਉਨ੍ਹਾਂ ਨੇ ਸੀਪੀਜ਼, ਐਸਐਸਪੀਜ਼ ਨੂੰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਲਈ ਪੁਲਿਸ ਨਾਕਿਆਂ ਦੀ ਪ੍ਰਭਾਵਸ਼ੀਲਤਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਡੀਜੀਪੀ ਨੇ ਨਵ ਨਿਯੁਕਤ ਸੀਪੀਜ਼ ਅਤੇ ਐਸਐਸਪੀਜ਼ ਨਾਲ ਵੀ ਇਸ ਬਾਰੇ ਵਿਚਾਰਚਰਚਾ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!