ਗਗਨਦੀਪ ਸਿੰਘ ਅਤੇ ਗੀਤਾਂਜਲੀ ਨੇ ਪਹਿਲਾ ਸਥਾਨ ਕੀਤਾ ਹਾਸਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਪ੍ਰੋਫੈਸਰ ਡਾ. ਕਮਲੇਸ਼ ਸਿੰਘ ਦੁੱਗਲ ਦੀ ਰਹਿਨੁਮਾਈ ਹੇਠ ਆਨਲਾਈਨ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤਕਰੀਬਨ 15 ਕਾਲਜਾਂ ਦੇ 150 ਪ੍ਰਤੀਯੋਗੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਮੂਹ ਪ੍ਰਤੀਯੋਗੀਆਂ ਦੇ ਲੇਖਾਂ ਦਾ ਮੁਲਾਂਕਣ ਸ਼੍ਰੀਮਤੀ ਸਿਮਰਨਪ੍ਰੀਤ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ ਅਤੇ ਮਿਸ ਜੈਦੀਪ ਕੌਰ ਵੱਲੋਂ ਬੜੇ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ, ਜਿਸ ਉਪਰੰਤ ਅੱਜ ਨਤੀਜੇ ਐਲਾਨੇ ਗਏ।
ਇਸ ਮੁਕਾਬਲੇ ਵਿੱਚ ਹਰ ਪੁਜ਼ੀਸ਼ਨ ਵਿਚ ਦੋ-ਦੋ ਪ੍ਰਤੀਯੋਗੀਆਂ ਨੂੰ ਜੇਤੂ ਕਰਾਰ ਦਿੱਤਾ ਗਿਆ। ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ, ਖਡੂਰ ਸਾਹਿਬ ਦੇ ਗਗਨਦੀਪ ਸਿੰਘ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾ ਨਗਰ ਦੀ ਗੀਤਾਂਜਲੀ ਨੇ ਜਿਥੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਉਥੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ, ਖਡੂਰ ਸਾਹਿਬ ਦੀ ਕਿਰਨਪ੍ਰੀਤ ਕੌਰ ਅਤੇ ਲਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ, ਜਲੰਧਰ ਦੀ ਇੰਦਰਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾ ਨਗਰ ਦੀ ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ, ਖਡੂਰ ਸਾਹਿਬ ਦੀ ਰੋਬਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਿਤ ਮੁਕਾਬਲੇ ਸ਼ਾਮਲ ਹਨ।



