
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖ਼ਰੀਦ ਪ੍ਰਬੰਧਾਂ ਤੋਂ ਕਿਸਾਨ ਖੁਸ਼
ਤੁਰੰਤ ਹੋ ਰਹੀ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ, ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਬਿਤਾਉਣ ਤੋਂ ਛੁੱਟਿਆ ਖਹਿੜਾ
ਜਲੰਧਰ (ਇੰਦਰਜੀਤ ਸਿੰਘ ਲਵਲਾ)
ਕੋਵਿਡ-19 ਦੇ ਬਾਵਜੂਦ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖਰੀਦ ਪ੍ਰਬੰਧਾਂ ਤੋਂ ਕਿਸਾਨ ਖੁਸ਼ ਨਜ਼ਰ ਆ ਰਹੇ ਹਨ।
ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੇ ਕਿਹਾ, ਕਿ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਵਿਕਰੀ ਲਈ ਲਿਆਂਦੀ ਗਈ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਨਾਲੋ-ਨਾਲ ਹੋ ਰਹੀ ਹੈ। ਸਵੇਰੇ ਫ਼ਸਲ ਲੈ ਕੇ ਆਉਣ ਵਾਲੇ ਕਿਸਾਨ ਦੁਪਹਿਰ ਬਾਅਦ ਫ਼ਸਲ ਵੇਚ ਕੇ ਘਰਾਂ ਨੂੰ ਪਰਤ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ। ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖਰੀਦ ਪ੍ਰਬੰਧਾਂ ਸਦਕਾ ਉਨ੍ਹਾਂ ਨੂੰ ਹੁਣ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ, ਬਿਤਾਉਣੀਆਂ ਪੈ ਰਹੀਆਂ। ਜਿਸ ਲਈ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਪ੍ਰਗਟ ਕੀਤਾ।
ਭੋਗਪੁਰ ਦੀ ਅਨਾਜ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਏ ਪਿੰਡ ਡੱਲੀ ਦੇ ਕਿਸਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਮੰਡੀ ਵਿੱਚ ਆਪਣੀ 125 ਕੁਇੰਟਲ ਕਣਕ ਦੀ ਫ਼ਸਲ ਲੈ ਕੇ ਆਇਆ ਸੀ, ਜਿਸ ਦੀ ਵਿਕਰੀ ਲਈ ਉਸ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ, ‘ਤੇ ਤੁਰੰਤ ਖ਼ਰੀਦ ਪ੍ਰਕਿਰਿਆ ਮੁਕੰਮਲ ਹੋ ਜਾਣ ਸਦਕਾ ਉਹ ਕੁਝ ਹੀ ਘੰਟਿਆਂ ਵਿੱਚ ਵਿਹਲਾ ਹੋ ਕੇ ਆਪਣੇ ਘਰ ਨੂੰ ਪਰਤ ਰਿਹਾ ਹੈ।
ਇਸੇ ਤਰ੍ਹਾਂ ਇਕ ਹੋਰ ਕਿਸਾਨ ਕੰਵਰਪਾਲ ਸਿੰਘ ਪਿੰਡ ਚੱਕ ਜੰਡੂ, ਜੋ ਕਿ ਭੋਗਪੁਰ ਦੀ ਅਨਾਜ ਮੰਡੀ ਵਿੱਚ ਆਪਣੀ 100 ਕੁਇੰਟਲ ਕਣਕ ਲੈ ਕੇ ਪੁੱਜਾ ਸੀ, ਨੇ ਦੱਸਿਆ ਕਿ ਉਹ ਅੱਜ ਸਵੇਰੇ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ, ਜਿਸ ਦੀ ਤੁਰੰਤ ਖ਼ਰੀਦ ਦੇ ਨਾਲ ਹੀ ਲਿਫਟਿੰਗ ਵੀ ਹੋ ਰਹੀ ਹੈ। ਜੇ-ਫਾਰਮ ਵੀ ਨਾਲ ਹੀ ਦੇ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਉਹ ਮੰਡੀ ਵਿੱਚ ਵੇਚਣ ਲਈ ਆਪਣੀ ਫ਼ਸਲ ਲੈ ਕੇ ਆਇਆ ਸੀ। ‘ਤੇ ਉਸ ਸਮੇਂ ਵੀ ਉਸ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ।
ਕਣਕ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚੱਜੀ ਖਰੀਦ ਦੀ ਵੱਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਡੀਸੀ ਥੋਰੀ ਨੇ ਕਿਹਾ ਕਿ ਮੰਡੀਆਂ ਵਿੱਚ ਖਾਸ ਕਰਕੇ ਕੋਵਿਡ-19 ਦੇ ਦੌਰ ਵਿੱਚ ਆਉਣ ਵਾਲੀ ਫ਼ਸਲ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਸਿਸਟਮ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।



