
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਦਿੱਤਾ ਸੱਦਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ 16 ਅਤੇ 17 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਜਲੰਧਰ-1 ਅਤੇ 2 ਦਾ ਸਾਂਝਾ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਇਆ ਜਾ ਰਿਹਾ ਹੈ। ਜਦਕਿ ਸਬ ਡਵੀਜ਼ਨ ਨਕੋਦਰ ਦਾ ਕੈਂਪ ਡੀਏਵੀ ਕਾਲਜ ਗਰਾਊਂਡ, ਨਕੋਦਰ, ਸਬ ਡਵੀਜ਼ਨ ਸ਼ਾਹਕੋਟ ਦਾ ਕੈਂਪ ਬਲਕਾਰ ਪੈਲੇਸ, ਨੇੜੇ ਏਪੀਐਸ ਨਰਸਿੰਗ ਕਾਲਜ, ਮਲਸੀਆਂ ਤੇ ਸਬ ਡਵੀਜ਼ਨ ਫਿਲੌਰ ਦਾ ਕੈਂਪ ਕਮਿਊਨਿਟੀ ਸੈਂਟਰ ਫਿਲੌਰ ਵਿਖੇ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਸਮਾਜਿਕ ਸੁਰੱਖਿਆ ਵਿਭਾਗ, ਪਾਵਰਕਾਮ, ਸਿਹਤ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ ਆਦਿ ਨਾਲ ਸਬੰਧਤ ਸਹੂਲਤਾਂ ਹਾਸਲ ਕਰਨ ਲਈ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਕੈਂਪ ਵਾਲੀ ਥਾਂ ‘ਤੇ ਮੌਜੂਦ ਰਹਿਣਗੇ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਕਾਰਵਾਈ ਮੌਕੇ ‘ਤੇ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਇਹ ‘ਸੁਵਿਧਾ ਕੈਂਪਾਂ’ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸੁਵਿਧਾ ਕੈਂਪਾਂ ‘ਚ ਪਹੁੰਚ ਕੇ ਲੋੜੀਂਦੀਆਂ ਸੇਵਾਵਾਂ ਹਾਸਲ ਕਰਨ ਦਾ ਸੱਦਾ ਦਿੱਤਾ।



