
ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਹੈਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ‘ਤੇ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ, ਜਿਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਕੈਂਪਾਂ ਨੂੰ ਸਫ਼ਲ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡਣ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਰਜੀਤ ਬੈਂਸ ਵੀ ਮੌਜੂਦ ਸਨ, ਨੇ ਦੱਸਿਆ ਕਿ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਲਾਭਪਾਤਰੀਆਂ ਦੀ ਸਹੂਲਤ ਲਈ ਕੈਂਪਾਂ ਦੌਰਾਨ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਪ੍ਰਦਰਸ਼ਿਤ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ ਬੁਢਾਪਾ, ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ, ਘਰ ਦੀ ਸਥਿਤੀ, ਕੱਚਾ/ਪੱਕਾ, ਪੀਐਮਏਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲਪੀਜੀ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸਸੀ,ਬੀਸੀ, ਕਾਰਪੋਰੇਸ਼ਨਾਂ/ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, 2 ਕਿਲੋਵਾਟ ਤੱਕ ਦੇ ਬਿਜਲੀ ਦੇ ਬਕਾਏ ਦੇ ਮੁਆਫ਼ੀ ਦੇ ਸਰਟੀਫਿਕੇਟ, ਪੈਂਡਿੰਗ ਸੀਐਲਯੂ, ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰਨ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਯੂਡੀਆਈਡੀ, ਨੈਸ਼ਨਲ ਲਾਈਵਲੀਹੁੱਡ ਮਿਸ਼ਨ, ਸਵਾਨਿਧੀ ਸਕੀਮ ਦੇ ਫਾਰਮ ਵੀ ਭਰੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸਬ ਡਵੀਜ਼ਨ ਜਲੰਧਰ-1 ਅਤੇ ਜਲੰਧਰ-2 ਦਾ ਸਾਂਝਾ ਕੈਂਪ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਡੀਸੀ ਦਫ਼ਤਰ ਵਿੱਚ ਲਗਾਇਆ ਜਾਵੇਗਾ। ਜਦਕਿ ਸਬ ਡਵੀਜ਼ਨ ਨਕੋਦਰ ਵਿਖੇ ਗੁਰੂ ਨਾਨਕ ਨੈਸ਼ਨਲ ਕਾਲਜ, ਨੇੜੇ ਕਮਲ ਪੈਲੇਸ, ਸਬ ਡਵੀਜ਼ਨ ਸ਼ਾਹਕੋਟ ਵਿਖੇ ਬਲਕਾਰ ਪੈਲੇਸ, ਨੇੜੇ ਏਪੀਐਸ ਨਰਸਿੰਗ ਕਾਲਜ ਮੋਗਾ ਰੋਡ, ਮਲਸੀਆਂ ਅਤੇ ਸਬ ਡਵੀਜ਼ਨ ਫਿਲੌਰ ਵਿਖੇ ਸਤਲੁਜ ਕਲੱਬ ਵਿਖੇ ਸੁਵਿਧਾ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਹੈੱਡ ਕੁਆਰਟਰ ਅਤੇ ਸਬ ਡਵੀਜ਼ਨ ਪੱਧਰ ‘ਤੇ ਇਹ ‘ਸੁਵਿਧਾ ਕੈਂਪਾਂ’ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
ਇਸ ਮੌਕੇ ਐਸਡੀਐਮ ਹਰਪ੍ਰੀਤ ਸਿੰਘ ਅਟਵਾਲ, ਐਸਡੀਐਮ ਬਲਬੀਰ ਰਾਜ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।



