
ਰੋਜ਼ਗਾਰ ਮੇਲੇ ਵਿੱਚ 7 ਕੰਪਨੀਆਂ ਅਤੇ 126 ਨੌਜਵਾਨਾਂ ਨੇ ਲਿਆ ਭਾਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ ਕੁੱਲ 126 ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 73 ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 7 ਕੰਪਨੀਆਂ ਫਿਊਚਰ ਜਨਰਲੀ, ਅਜਾਇਲ ਫਿਊਚਰ, ਨਾਰਾਇਣੀ ਹਰਬਲਜ਼, ਬ੍ਰਿਲੀਅੰਟ ਇੰਸ਼ੋਰੈਂਸ ਪ੍ਰਾਈਵੇਟ ਲਿਮਟਿਡ, ਕੋਟੈਕੇ ਲਾਈਫ਼ ਇੰਸ਼ੋਰੈਂਸ, ਐਨਆਈਆਈਟੀ ‘ਤੇ ਸ਼੍ਰੀਰਾਮ ਇੰਸ਼ੋਰੈਂਸ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਰੋਜ਼ਗਾਰ ਮੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੇ ਹਰ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਰੋਜ਼ਗਾਰ ਪ੍ਰੋਗਰਾਮ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਤਿਆਰ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰਡ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।



