
ਵਧੀਕ ਡਿਪਟੀ ਕਮਿਸ਼ਨਰ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਡੀਬੀਈਈ ਜਲੰਧਰ ਵੱਲੋਂ ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਲਗਾਏ ਗਏ ਰੋਜ਼ਗਾਰ ਮੇਲਿਆਂ ਵਿੱਚ ਹੁਣ ਤੱਕ 117 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ‘ਤੇ ਕਾਰੋਬਾਰ‘ ਮਿਸ਼ਨ ਤਹਿਤ 1, 2 ਅਤੇ 3 ਦਸਬੰਰ ਨੂੰ ਡੀਬੀਈਈ ਵਿਖੇ ਰੋਜ਼ਗਾਰ ਮੇਲੇ ਲਗਾਏ ਗਏ ਸਨ, ਜਿਨ੍ਹਾਂ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ 117 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਕੜੀ ਤਹਿਤ ਅਗਲਾ ਰੋਜ਼ਗਾਰ ਮੇਲਾ 6 ਦਸੰਬਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵਸਲ ਐਜੂਕੇਸ਼ਨ ਗਰੁੱਪ, ਕੁਇੱਕਰ ਐਚਆਰ, ਐਕਸਿਸ ਬੈਂਕ, ਬਾਏਜੂਸ ਅਤੇ ਆਈਸੀਆਈਸੀਆਈ ਬੈਂਕ, ਵਰਗੀਆਂ ਨਾਮੀ ਕੰਪਨੀਆਂ ਨੌਜਵਾਨਾਂ ਨੂੰ ਰੋਜ਼ਗਾਰ ਮੌਕੇ ਪ੍ਰਦਾਨ ਕਰਨ ਲਈ ਪੁੱਜਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰੈਜੂਏਸ਼ਨ, ਐਨਟੀਟੀ, ਬੀਐੱਡ, ਯੋਗਤਾ ਰੱਖਣ ਵਾਲੇ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿੱਚ ਇੰਟਰਵਿਊ ਦੇਣ ਦੇ ਯੋਗ ਹੋਣਗੇ। ਇਨ੍ਹਾਂ ਕੰਪਨੀਆਂ ਵੱਲੋਂ ਯੋਗ ਉਮੀਦਵਾਰਾਂ ਨੂੰ 15000 ਤੋਂ 23000 ਰੁਪਏ ਪ੍ਰਤੀ ਮਹੀਨਾ ਤਨਖਾਹ ਆਫ਼ਰ ਕੀਤੀ ਜਾਵੇਗੀ।
ਸਿੰਘ ਨੇ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ, ਜਿਸ ਵਿੱਚ ਉਮੀਦਵਾਰਾਂ ਦੀ ਥਰਮਲ ਸਕੈਨਿੰਗ ਤੋਂ ਲੈ ਕੇ ਸੈਨੀਟੇਸ਼ਨ, ਸਮਾਜਿਕ ਵਿੱਥ ਆਦਿ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਭਾਗ ਲੈਣ ਵਾਲੇ ਹਰ ਉਮੀਦਵਾਰ ਅਤੇ ਨਿਯੋਜਕ ਦਾ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਮਨਚਾਹੀ ਨੌਕਰੀ ਜਾਂ ਸਵੈ ਰੋਜ਼ਗਾਰ ਦੇ ਮੌਕਿਆਂ ਲਈ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ. 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



