JalandharPunjab

ਜ਼ਿਲ੍ਹੇ ‘ਚ 1650867 ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ

ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ

ਕੇਹਾ ਐਪ ਰਾਹੀਂ ਸਹਾਇਤਾ ਮੰਗਣ ਵਾਲੇ ਸਾਰੇ ਪੀਡਬਲਯੂਡੀ ਵੋਟਰਾਂ ਨੂੰ ਪਿਕ ਐਂਡ ਡਰਾਪ ਦੀ ਸਹੂਲਤ ਦਿੱਤੀ ਜਾਵੇਗੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2022 ਦੇ ਆਧਾਰ ‘ਤੇ ਤਿਆਰ ਫੋਟੋ ਵੋਟਰ ਸੂਚੀਆਂ ਦੀ ਅੱਜ ਅੰਤਿਮ ਪ੍ਰਕਾਸ਼ਨਾ ਕੀਤੀ ਗਈ, ਜਿਸ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 1650867 ਵੋਟਰ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੰਤਿਮ ਪ੍ਰਕਾਸ਼ਨਾਂ ਉਪਰੰਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀ ਦੀ ਹਾਰਡ ‘ਤੇ ਸਾਫਟ ਕਾਪੀ ਵੀ ਸੌਂਪੀ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ 16,50,867 ਵੋਟਰ ਹਨ ਅਤੇ ਕੁੱਲ 51289 ਨਵੇਂ ਵੋਟਰ ਰਜਿਸਟਰ ਹੋਏ ਹਨ। ਕੁੱਲ ਵੋਟਰਾਂ ਵਿੱਚ 858305 ਪੁਰਸ਼ ਵੋਟਰ, 792532 ਮਹਿਲਾ ਵੋਟਰ ਅਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1991 ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਸੂਚੀ ਵਿੱਚ 1881 ਸਰਵਿਸ ਵੋਟਰ, 73 ਐਨਆਰਆਈ ਵੋਟਰ, 30 ਥਰਡ ਜੈਂਡਰ ਵੋਟਰ, 27402 ਫਸਟ ਟਾਈਮ ਵੋਟਰ 18-19 ਉਮਰ ਵਰਗ ਅਤੇ 11692 ਪੀਡਬਲਯੂਡੀ ਵੋਟਰ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਉਲੀਕੇ ਗਏ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਦੌਰਾਨ 1 ਨਵੰਬਰ 2021 ਤੋਂ 30 ਨਵੰਬਰ 2021 ਤੱਕ ਆਮ ਜਨਤਾ, ਵੋਟਰਾਂ ਪਾਸੋਂ ਵੋਟਰ ਸੂਚੀ ਸਬੰਧੀ ਦਾਅਵੇ ‘ਤੇ ਇਤਰਾਜ਼ ਪ੍ਰਾਪਤ ਕੀਤੇ ਗਏ ਸਨ, ਜਿਨ੍ਹਾਂ ਦਾ ਨਿਪਟਾਰਾ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ 20 ਦਸੰਬਰ 2021 ਤੱਕ ਕੀਤਾ ਗਿਆ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਬੀਐਲਓਜ਼ ਨੂੰ ਆਪਣੇ ਬੂਥਾਂ ‘ਤੇ ਘੱਟੋ-ਘੱਟ 10 ਫਸਟ ਟਾਈਮ ਵੋਟਰਾਂ ਨੂੰ ਰਜਿਸਟਰ ਕਰਨ ਦਾ ਟੀਚਾ ਦੇ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰਾਂ ਵਜੋਂ ਸ਼ਾਮਲ ਕਰਨ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਇਨ੍ਹਾਂ ਨੌਜਵਾਨ ਵੋਟਰਾਂ ਨੂੰ ਚੋਣਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਪ੍ਰਸ਼ਾਸਨ ਵੱਲੋਂ ਪੀਡਬਲਯੂਡੀ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰਾਂ, ਹੈਲਪਰਾਂ, ਰੈਂਪ ਆਦਿ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਵਿਆਪਕ ਰਣਨੀਤੀ ਉਲੀਕੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਪੀਡਬਲਯੂਡੀ ਵੋਟਰਾਂ ਨੂੰ ਪਿਕ ਐਂਡ ਡਰਾਪ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ, ਜਿਨ੍ਹਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਪਹੁੰਚਣ ਵਿੱਚ ਮੁਸ਼ਕਲ ਆਉਂਦੀ ਹੈ ਅਤੇ ਅਜਿਹੇ ਵੋਟਰ ਪੀਡਬਲਯੂਡੀ ਮੋਬਾਈਲ ਐਪ ਰਾਹੀਂ ਇਹ ਸਹੂਲਤ ਲੈ ਸਕਣਗੇ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਾਰੇ 11692 ਪੀਡਬਲਯੂਡੀ ਵੋਟਰਾਂ ਨੂੰ ਪੱਤਰ ਲਿਖ ਕੇ ਚੋਣਾਂ ਵਾਲੇ ਦਿਨ ਆਪਣੀ ਵੋਟ ਪਾਉਣ ਦੀ ਅਪੀਲ ਵੀ ਕੀਤੀ ਗਈ ਹੈ ਤਾਂ ਜੋ ਇਸ ਮਹਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਪੱਤਰ ਬੀਐਲਓਜ਼ ਰਾਹੀਂ ਪਹੁੰਚਾਏ ਜਾ ਰਹੇ ਹਨ, ਜਿਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਦੇ ਪੀਡਬਲਯੂਡੀ ਵੋਟਰਾਂ ਨੂੰ ਵਿਅਕਤੀਗਤ ਤੌਰ ‘ਤੇ ਇਹ ਪੱਤਰ ਦੇਣ ਦਾ ਕੰਮ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ ਕਿ 11692 ਪੀਡਬਲਯੂਡੀ ਵੋਟਰਾਂ ਵਿੱਚੋਂ ਫਿਲੌਰ ਵਿਧਾਨ ਸਭਾ ਹਲਕੇ ਵਿੱਚ 1050, ਨਕੋਦਰ, ਸ਼ਾਹਕੋਟ, ਕਰਤਾਰਪੁਰ, ਪੱਛਮੀ ਜਲੰਧਰ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਵਿਧਾਨ ਸਭਾ ਹਲਕੇ ਵਿੱਚ ਕ੍ਰਮਵਾਰ 1095, 1326, 1435, 727, 2163, 1223, 1485 ਅਤੇ 1088 ਦਿਵਿਆਂਗ ਵੋਟਰ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਈਆਰਓਜ਼ ਦੇ ਦਫ਼ਤਰ ਅਤੇ ਇੱਥੋਂ ਤੱਕ ਕਿ ਸਬੰਧਤ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲਬਧ ਹਨ ਅਤੇ ਵੈੱਬਸਾਈਟ ceopunjab.nic.in ‘ਤੇ ਵੀ ਦੇਖੀਆਂ ਜਾ ਸਕਦੀਆਂ ਹਨ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!