ਜ਼ਿਲ੍ਹੇ ’ਚ 8.95 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ 60 ਮਾਡਲ ਖੇਡ ਮੈਦਾਨ ਤੇ 60 ਮਾਡਲ ਛੱਪੜ-ਡਿਪਟੀ ਕਮਿਸ਼ਨਰ
ਜ਼ਿਲ੍ਹੇ ’ਚ 8.95 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ 60 ਮਾਡਲ ਖੇਡ ਮੈਦਾਨ ਤੇ 60 ਮਾਡਲ ਛੱਪੜ-ਡਿਪਟੀ ਕਮਿਸ਼ਨਰ
ਇਹ ਪ੍ਰੋਜੈਕਟ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ
ਅਮਰਜੀਤ ਸਿੰਘ ਲਵਲਾ
ਜਲੰਧਰ
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ 60 ਮਾਡਲ ਖੇਡ ਮੈਦਾਨਾਂ ਅਤੇ 60 ਮਾਡਲ ਛੱਪੜ ਬਣਾਉਣ ਦੇ ਚੱਲ ਰਹੇ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਇਨਾਂ ਵਿਕਾਸ ਪ੍ਰੋਜੈਕਟਾਂ ਤੋਂ ਲਾਭ ਪਹੁੰਚਾਇਆ ਜਾ ਸਕੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ, ਕਿ ਇਹ ਸਾਰੇ ਵਿਕਾਸ ਕਾਰਜ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗ-ਨਰੇਗਾ) ਅਧੀਨ ਸ਼ੁਰੂ ਕਰਵਾਏ ਗਏ ਹਨ।
ਡੀਸੀ ਥੋਰੀ ਨੇ ਦੱਸਿਆ ਕੀ ਜਲੰਧਰ ਵਿਖੇ 4.63 ਕਰੋੜ ਰੁਪਏ ਦੀ ਲਾਗਤ ਨਾਲ 60 ਮਾਡਲ ਖੇਡ ਮੈਦਾਨ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਅਤੇ ਇਨਾਂ ਸਾਰੀਆਂ ਥਾਵਾਂ ’ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 22 ਮਾਡਲ ਖੇਡ ਮੈਦਾਨ 2.67 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਡ ਮੈਦਾਨ ਹੇਠਲੇ ਪੱਧਰ ਤੱਕ ਖੇਡ ਸਭਿਆਚਾਰ ਪੈਦਾ ਕਰਕੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਡੀਸੀ ਥੋਰੀ ਨੇ ਦੱਸਿਆ ਕਿ ਇਸੇ ਤਰ੍ਹਾਂ 4.32 ਕਰੋੜ ਰੁਪਏ ਦੀ ਲਾਗਤ ਨਾਲ 60 ਮਾਡਲ ਛੱਪੜ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਅਤੇ 22 ਮਾਡਲ ਛੱਪੜਾਂ ਦਾ ਕੰਮ 2.64 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਡਲ ਛੱਪੜ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੀਚਾਰਜ ਕਰਨ ਅਤੇ ਈਕੋ-ਫਰੈਂਡਲੀ ਵਿਧੀ ਰਾਹੀਂ ਸ਼ਾਫ ਕੀਤੇ ਗਏ ਪਾਣੀ ਨੂੰ ਖੇਤੀ ਲਈ ਵਰਤਣ ਦੇ ਯੋਗ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।
ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਪਹਿਲੀ ਤਰਜੀਹ ਦੇ ਅਧਾਰ ’ਤੇ ਇਨਾਂ ਵਿਕਾਸ ਪ੍ਰੋਜੈਕਟਾਂ ਨੂੰ ਜਨਤਕ ਹਿੱਤ ਵਿੱਚ ਪੂਰਾ ਕੀਤਾ ਜਾਵੇ ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਡੀਸੀ ਥੋਰੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ, ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਸਮਾਜ ਦੇ ਕਮਜ਼ੋਰ ਵਰਗ ਨੂੰ ਪੂਰਾ ਲਾਭ ਪਹੁੰਚ ਸਕੇ। ਡੀ ਸੀ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਜਾਂਦੇ ਫੰਡਾਂ ਨੂੰ ਲੋਕ ਭਲਾਈ ਦੇ ਕਾਰਜਾਂ ਵਿੱਚ ਸਮੇਂ ਸਿਰ ਖ਼ਰਚ ਕਰਨ ਨੂੰ ਯਕੀਨੀ ਬਣਾਇਆ ਜਾਵੇ।



