
*ਕਿਹਾ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ*
ਜਲੰਧਰ *ਗਲੋਬਲ ਆਜਤੱਕ*
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਰਕਾਰੀ ‘ਓਟ’ ਕਲੀਨਿਕਾਂ ਵਿੱਚ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਕਰੀਬ 16,400 ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਇਥੇ ਬੋਲਸਟਰ ਟ੍ਰੀਟਮੈਂਟ ਅਤੇ ਰਿਹੈਬਿਲੀਟੇਸ਼ਨ ਸੈਂਟਰ, ਖੁਰਲਾ ਕੀਂਗਰਾ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਜੰਗ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਨੱਥ ਪਾਉਣ ਤੋਂ ਇਲਾਵਾ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 11 ਓਟ ਕਲੀਨਿਕਾਂ ਦੇ ਨਾਲ-ਨਾਲ ਸਿਵਲ ਹਸਪਤਾਲ, ਜਲੰਧਰ ਵਿਖੇ 50 ਬਿਸਤਰਿਆਂ ਵਾਲਾ ਅਤੇ ਕਮਿਊਨਿਟੀ ਹੈਲਥ ਸੈਂਟਰ ਨੂਰਮਹਿਲ ਵਿਖੇ 10 ਬਿਸਤਰਿਆਂ ਵਾਲਾ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਸ਼ੇਖੇ ਵਿਖੇ ਸਥਿਤ ਮੁੜ ਵਸੇਬਾ ਕੇਂਦਰ ਵਿਖੇ ਵੀ ਨਸ਼ਾ ਪੀੜਤਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ‘ਓਟ’ ਕਲੀਨਿਕਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 11 “ਓਟ” ਕਲੀਨਿਕ ਸੀਐਚਸੀ ਆਦਮਪੁਰ, ਅਪਰਾ, ਕਾਲਾ ਬੱਕਰਾ, ਕਰਤਾਰਪੁਰ, ਲੋਹੀਆਂ, ਸ਼ਾਹਕੋਟ, ਨੂਰਮਹਿਲ, ਬਸਤੀ ਗੁਜ਼ਾਂ ਐਸਡੀਐਚ ਫਿਲੌਰ ਤੇ ਨਕੋਦਰ ਅਤੇ ਮੁੜ ਵਸੇਬਾ ਕੇਂਦਰ ਪਿੰਡ ਸ਼ੇਖੇ ਵਿਖੇ ਚਲਾਏ ਜਾ ਰਹੇ ਹਨ।
ਇਸ ਦੌਰਾਨ ਉਨ੍ਹਾਂ ਟ੍ਰੀਟਮੈਂਟ ਅਤੇ ਰਿਹੈਬਿਲੀਟੇਸ਼ਨ ਸੈਂਟਰ ਵਿਖੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲੈਂਦਿਆਂ ਉਥੇ ਦਾਖ਼ਲ ਮਰੀਜ਼ਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਸੈਂਟਰ ਦੇ ਸੰਚਾਲਕ ਪਰਵਿੰਦਰ ਸਿੰਘ, ਡਾ. ਐਸਪੀ ਸਿੰਘ ਆਦਿ ਮੌਜੂਦ ਸਨ।



