AgricultureJalandharPunjab

ਜ਼ਿਲ੍ਹੇ ਵਿੱਚ ਹੁਣ ਤੱਕ 18722 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ

18338 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ
ਜਲੰਧਰ, 5 ਅਕਤੂਬਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 18722 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 18338 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਲਿਫਟਿੰਗ ਨੂੰ ਨਾਲੋ-ਨਾਲ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ‘ਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ ਸਮੇਤ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 6785 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4295 ਮੀਟ੍ਰਿਕ ਟਨ, ਪਨਸਪ ਵੱਲੋਂ 5982 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1274 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਦੀ ਅਪੀਲ ਕੀਤੀ।
ਮੰਡੀਆਂ ਵਿੱਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆ ਰਹੇ ਕਿਸਾਨਾਂ ਵੱਲੋਂ ਵੀ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਲੋਹੀਆਂ ਖਾਸ ਦੀ ਅਨਾਜ ਮੰਡੀ ਵਿੱਚ ਆਪਣੀ 60 ਕੁਇੰਟਲ ਫ਼ਸਲ ਲੈ ਕੇ ਆਏ ਪਿੰਡ ਸਿੱਧੂਪੁਰ ਦੇ ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਸਵੇਰੇ ਹੀ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਇਆ ਸੀ, ਜਿਸ ਦੀ ਨਾਲੋ-ਨਾਲ ਖਰੀਦ ਹੋਣ ਕਾਰਨ ਉਹ ਬੇਹੱਦ ਖੁਸ਼ ਹੈ। ਇਸੇ ਤਰ੍ਹਾਂ ਪਿੰਡ ਮੀਆਂਵਾਲ ਦੇ ਕਿਸਾਨ ਸਾਧੂ ਸਿੰਘ ਅਤੇ ਪਿੰਡ ਲੋਹਗੜ੍ਹ ਦੇ ਕਿਸਾਨ ਪਰਵਿੰਦਰ ਸਿੰਘ, ਜੋ ਕਿ ਅਨਾਜ ਮੰਡੀ ਸ਼ਾਹਕੋਟ ਅਤੇ ਮਹਿਤਪੁਰ ਵਿਖੇ ਆਪਣਾ ਝੋਨਾ ਲੈ ਕੇ ਆਏ ਸਨ, ਨੇ ਵੀ ਮੰਡੀ ਵਿੱਚ ਫ਼ਸਲ ਦੀ ਖਰੀਦ ਲਈ ਕੀਤੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਸਦਕਾ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ।

Related Articles

Leave a Reply

Your email address will not be published. Required fields are marked *

Back to top button
error: Content is protected !!