
*ਸਮੁੱਚੇ 1975 ਪੋਲਿੰਗ ਸਟੇਸ਼ਨਾਂ ‘ਤੇ ਪੀਡਬਲਯੂਡੀ ਵੋਟਰਾਂ ਲਈ ਵ੍ਹੀਲਚੇਅਰਾਂ ਅਤੇ ਪਿਕ ਐਂਡ ਡਰਾਪ ਸਹੂਲਤਾਂ ਸਮੇਤ ਵਿਸ਼ੇਸ਼ ਇੰਤਜ਼ਾਮ*
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਫਰਵਰੀ, 2022 ਨੂੰ ਮਤਦਾਨ ਵਾਲੇ ਦਿਨ ਸਮੁੱਚੇ 1975 ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਵਿਸ਼ਾਲ ਅਭਿਆਸ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਲੋੜੀਂਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਤੱਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਲਿਆਉਣ ‘ਤੇ ਲਿਜਾਣ ਵਾਲੇ ਵਾਹਨਾਂ ਦੀ ਜੀਪੀਐਸ ਨਿਗਰਾਨੀ ਯਕੀਨੀ ਬਣਾਈ ਜਾਵੇਗੀ, ਜਿਸ ਲਈ 746 ਵਾਹਨਾਂ ਵਿੱਚ ਪਹਿਲਾਂ ਹੀ ਜੀਪੀਐਸ ਸਿਸਟਮ ਫਿੱਟ ਕੀਤੇ ਜਾ ਚੁੱਕੇ ਹਨ।
ਪੀਡਬਲਯੂਡੀ ਵੋਟਰਾਂ ਲਈ ਕੀਤੇ ਇੰਤਜ਼ਾਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੇ 1163 ਪੋਲਿੰਗ ਸਥਾਨਾਂ ਲਈ 1335 ਵ੍ਹੀਲਚੇਅਰਾਂ ਦੀ ਖਰੀਦ ਦੇ ਨਾਲ ਵ੍ਹੀਲਚੇਅਰਾਂ ਦੇ ਵਾਧੂ ਪ੍ਰਬੰਧ ਨੂੰ ਯਕੀਨੀ ਬਣਾਇਆ ਗਿਆ ਹੈ। ਘਨਸ਼ਿਆਮ ਥੋਰੀ ਨੇ ਕਿਹਾ ਕਿ ਉਨ੍ਹਾਂ ਪੀਡਬਲਯੂਡੀ ਵੋਟਰਾਂ ਨੂੰ ਪਿਕ ਐਂਡ ਡਰਾਪ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ, ਜਿਨ੍ਹਾਂ ਵੱਲੋਂ ਪੀਡਬਲਯੂਡੀ ਮੋਬਾਈਲ ਐਪ ਜਾਂ ਬੀਐਲਓਜ਼ ਰਾਹੀਂ ਇਸ ਸਹਾਇਤਾ ਦੀ ਮੰਗ ਕੀਤੀ ਜਾਵੇਗੀ। ਘਨਸ਼ਿਆਮ ਥੋਰੀ ਨੇ ਅੱਗੇ ਕਿਹਾ ਕਿ ਵੋਟਰਾਂ ਦੇ ਬੈਠਣ ਲਈ ਲੋੜੀਂਦੇ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਪੋਲਿੰਗ ਸਟੇਸ਼ਨਾਂ ‘ਤੇ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਥਰਮਲ ਸਕੈਨਿੰਗ, ਹੈਂਡ ਗਲਵਜ਼, ਮਾਸਕ, ਸੈਨੇਟਾਈਜ਼ਰ ਅਤੇ ਬਾਇਓ-ਮੈਡੀਕਲ ਵੇਸਟ ਦੇ ਢੁੱਕਵੇਂ ਨਿਪਟਾਰੇ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਮਦਦ ਲਈ ਪੋਲਿੰਗ ਸਟੇਸ਼ਨਾਂ ‘ਤੇ ਯੂਥ ਕਲੱਬਾਂ ਦੇ ਵਲੰਟੀਅਰ ਵੀ ਤਾਇਨਾਤ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟਾਫ਼ ਲਈ ਤਾਜ਼ਾ ਅਤੇ ਮਿਆਰੀ ਭੋਜਨ ਤਿਆਰ ਕਰਨ ਨੂੰ ਯਕੀਨੀ ਬਣਾਉਣ ਲਈ ਕੁੱਲ 1669 ਮਿਡ-ਡੇ ਮੀਲ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ 19 ਫਰਵਰੀ ਨੂੰ ਰਾਤ ਦਾ ਖਾਣਾ, ਵੋਟਾਂ ਵਾਲੇ ਦਿਨ ਨਾਸ਼ਤਾ ਅਤੇ ਦੁਪਹਿਰ ਦਾ ਖਾਣਾ ਸ਼ਾਮਲ ਹੈ। ਇਸ ਤੋਂ ਇਲਾਵਾ ਠੰਡ ਦੇ ਮੌਸਮ ਦੇ ਮੱਦੇਨਜ਼ਰ ਪੋਲਿੰਗ ਸਟਾਫ਼, ਜੋ 19 ਫਰਵਰੀ ਦੀ ਰਾਤ ਨੂੰ ਪੋਲਿੰਗ ਸਟੇਸ਼ਨਾਂ ‘ਤੇ ਰੁਕਣਗੇ, ਲਈ ਬਿਸਤਰੇ, ਕੰਬਲ ਅਤੇ ਹੋਰ ਜ਼ਰੂਰੀ ਸਮਾਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਅੱਗੇ ਆਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।



