
ਪੇਂਡੂ ਖੇਤਰਾਂ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਨੂੰ ਸਰਵਓਚ ਪਹਿਲ ਦਿੱਤੀ ਜਾਵੇਗੀ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 2014 ਬੈਚ ਦੇ ਅਧਿਕਾਰੀ ਜਸਪ੍ਰੀਤ ਸਿੰਘ ਨੇ ਅੱਜ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ ।
ਜਸਪ੍ਰੀਤ ਸਿੰਘ, ਜੋ ਕਿ ਪਹਿਲਾਂ ਵਧੀਕ ਸਕੱਤਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਦਾ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਵਜੋਂ ਤਬਾਦਲਾ ਕੀਤਾ ਗਿਆ ਹੈ।
ਆਪਣੇ ਨਵੇਂ ਦਫ਼ਤਰ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਸਰਵਓਚ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਜਿਵੇਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮਜੀਐਸਵੀਵਾਈ), ਘਰ-ਘਰ ਰੋਜ਼ਗਾਰ ਮਿਸ਼ਨ, ਸਮਾਰਟ ਵਿਲੇਜ ਕੰਪੇਨ ਅਤੇ ਹੋਰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਐਕਟ (ਮਗਨਰੇਗਾ) ਰਾਹੀਂ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਉਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾਵੇਗਾ।
ਆਪਣੇ ਦਫ਼ਤਰ ਵਿਚ ਸਟਾਫ ਨਾਲ ਪਲੇਠੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।



