
ਡਿਪਟੀ ਕਮਿਸ਼ਨਰ ਵੱਲੋਂ ਅਸਾਮੀਆਂ ਇਕੱਤਰ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਲਈ ਟੀਚੇ ਨਿਰਧਾਰਿਤ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ‘ ਮਿਸ਼ਨ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਿਥੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਉਥੇ ਬੈਂਕਾਂ ਰਾਹੀਂ ਕਰਜ਼ੇ ਮੁਹੱਈਆ ਕਰਵਾ ਕੇ ਸਵੈ ਰੋਜ਼ਗਾਰ ਲਈ ਵੀ ਰਾਹ ਪੱਧਰਾ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਜ਼ਿਲ੍ਹਾ ਜਲੰਧਰ ਵਿਖੇ 9 ਤੋਂ 17 ਸਤੰਬਰ 2021 ਤੱਕ 7ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਗਲੇ ਮਹੀਨੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਨੌਜਵਾਨਾਂ ਨੂੰ 15000 ਹਜ਼ਾਰ ਵੱਧ ਨੌਕਰੀਆਂ ਪ੍ਰਦਾਨ ਕੀਤੇ ਜਾਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਅਸਾਮੀਆਂ ਇਕੱਤਰ ਸਬੰਧੀ ਟੀਚਿਆਂ ਦੀ ਵੰਡ ਕਰਦਿਆਂ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰਾਈਵੇਟ ਏਜੰਸੀਆਂ, ਅਦਾਰਿਆਂ ਪਾਸੋਂ ਵੱਧ ਤੋਂ ਵੱਧ ਅਸਾਮੀਆਂ ਇਕੱਤਰ ਕਰਨ ਲਈ ਕਿਹਾ ਤਾਂ ਜੋ ਇਹ ਅਸਾਮੀਆਂ ਰੋਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਨੂੰ ਆਫ਼ਰ ਕੀਤੀਆਂ ਜਾ ਸਕਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਕੀਤੀ ਜਾ ਸਕੇ।
ਉਨ੍ਹਾਂ ਇਸ ਮੌਕੇ ਜਿਥੇ ਸਿਵਲ ਸਰਜਨ ਨੂੰ ਪ੍ਰਾਈਵੇਟ ਹਸਪਤਾਲਾਂ ਨਾਲ ਸਲਾਹ ਮਸ਼ਵਰਾ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀ ਕਿਰਤ ਸ਼ਕਤੀ ਦੀ ਸੂਚੀ ਤਿਆਰ ਕਰਨ ਲਈ ਕਿਹਾ ਉਥੇ ਜੀਐਮਡੀਆਈਸੀ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਨੂੰ ਵੀ ਉਦਯੋਦਗਿਕ ਇਕਾਈਆਂ ਵਿੱਚ ਲੋੜੀਂਦੇ ਕਰਮਚਾਰੀਆਂ ਦਾ ਵੇਰਵਾ ਇਕੱਤਰ ਕਰਨ ਲਈ ਕਿਹਾ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕੀਤੇ ਜਾ ਸਕਣ।
ਡੀਸੀ ਥੋਰੀ ਨੇ ਅੱਗੇ ਦੱਸਿਆ ਕਿ 9 ਸਤੰਬਰ ਨੂੰ ਗੁਰੂ ਨਾਨਕ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੇਂਡੂ ਆਬਾਦੀ ਨੂੰ ਰਾਜ ਸਰਕਾਰ ਦੀ ਇਸ ਮਹੱਤਵਪੂਰਨ ਯੋਜਨਾ ਦਾ ਬਰਾਬਰ ਲਾਭ ਦਿਵਾਉਣ ਲਈ ਪੇਂਡੂ ਖੇਤਰ ਵਿੱਚ ਵਧੇਰੇ ਕੈਂਪ ਲਗਾਏ ਜਾਣਗੇ, ਜਿਸ ਸਬੰਧੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਿੰਡਾਂ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਉਹ ਰੋਜ਼ਗਾਰ ਮੇਲਿਆਂ ਵਿੱਚ ਪੁੱਜ ਕੇ ਇਨ੍ਹਾਂ ਦਾ ਲਾਭ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਉਮੀਦ ਪ੍ਰਗਟ ਕੀਤੀ ਕਿ ਰਾਜ ਸਰਕਾਰ ਵੱਲੋਂ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹਰੇਕ ਘਰ ਨੂੰ ਨੌਕਰੀ ਮੁਹੱਈਆ ਕਰਵਾਉਣ ਦਾ ਇਹ ਇਕ ਨੇਕ ਉਪਰਾਲਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।



