
9 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ- ਮੁੱਖ ਖੇਤੀਬਾੜੀ ਅਫ਼ਸਰ
ਕਿਸਾਨ ਕਣਕ ਦੀ ਕਟਾਈ ਦੌਰਾਨ ਪੰਜਾਬ ਸਰਕਾਰ 'ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ
10 ਅਪ੍ਰੈਲ ਤੋਂ ਪਹਿਲਾਂ ਮੰਡੀਆਂ ਵਿੱਚ ਮੁਕੰਮਲ ਕਰ ਲਏ ਜਾਣਗੇ ਸਮੁੱਚੇ ਲੋੜੀਂਦੇ ਪ੍ਰਬੰਧ -ਜ਼ਿਲ੍ਹਾ ਮੰਡੀ ਅਫ਼ਸਰ
ਜਲੰਧਰ ਅਮਰਜੀਤ ਸਿੰਘ ਲਵਲਾ
ਹਾੜੀ ਸੀਜ਼ਨ ਦੌਰਾਨ ਜ਼ਿਲ੍ਹਾ ਜਲੰਧਰ ਦੀਆਂ ਮੰਡੀਆਂ ਵਿੱਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਾਰ ਜ਼ਿਲ੍ਹੇ ਵਿੱਚ 1.73 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ, ਜਿਸ ਤੋਂ ਤਕਰੀਬਨ 9 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਉਮੀਦ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਦੂਜੀ ਲਹਿਰ ਕਾਰਨ ਕਣਕ ਦੀ ਕਟਾਈ ਦੌਰਾਨ ਕਿਸਾਨਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨੇ ਪੈ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ‘ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਦੇ ਕੰਮ ਵਿੱਚ ਜ਼ਿਆਦਾ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨ੍ਹਾਂ ਵੱਲੋਂ ਸਮਾਜਿਕ ਦੂਰੀ, ਮਾਸਕ ਪਹਿਨਣਾ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਗੱਲਾਂ ਦਾ ਧਿਆਨ ਰੱਖਿਆ ਜਾਵੇਗਾ ਤਾਂ ਕਣਕ ਦੀ ਕਟਾਈ ਅਤੇ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਅਨਾਜ ਮੰਡੀਆਂ ਦੀ ਸਾਫ਼-ਸਫਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣੇ ਨਾ ਕਰਨਾ ਪਵੇ।
ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਮਕੇਸ਼ ਕੈਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ ਜ਼ਿਲ੍ਹੇ ਦੀਆਂ ਸਮੁੱਚੀਆਂ 78 ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਲੋੜੀਂਦੇ ਪ੍ਰਬੰਧ ਜੰਗ ਪੱਧਰ ‘ਤੇ ਜਾਰੀ ਹਨ, ਜੋ ਕਿ 10 ਅਪ੍ਰੈਲ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਦਾਖ਼ਲ ਹੋਣ ਸਮੇਂ ਕਿਸਾਨਾਂ ਨੂੰ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਵੱਖਰੇ ਢੰਗ ਨਾਲ ਕੀਤੀ ਜਾਵੇਗੀ, ਤਾਂ ਜੋ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋ ਸਕੇ। ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫ਼ਸਲ ਢੇਰੀ ਕਰਨ ਲਈ 30 – 30 ਦੇ ਬਾਕਸ ਵੀ ਬਣਾਏ ਗਏ ਹਨ, ਜਿਥੇ ਖਰੀਦ ਸਬੰਧੀ ਸਾਰੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਦੇ ਨਾਲ-ਨਾਲ ਪਖਾਨੇ, ਸਾਫ਼-ਸਫਾਈ ਅਤੇ ਰੌਸ਼ਨੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।



